Patiala News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ
January 30, 2026 - PatialaPolitics
Patiala News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

– **ਵਿਕਾਸ ਕੰਮਾਂ ‘ਚ ਲਾਪਰਵਾਹੀ ਬਰਦਾਸ਼ਤ ਨਹੀਂ: ਵਧੀਕ ਡਿਪਟੀ ਕਮਿਸ਼ਨਰ*
– *ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ- ਦਮਨਜੀਤ ਸਿੰਘ ਮਾਨ*
ਪਟਿਆਲਾ , 30 ਜਨਵਰੀ:
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਬੀ ਡੀ ਪੀ ਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੀਟਿੰਗ ਦਾ ਮਕਸਦ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਤੇਜ਼ ਕਰਨਾ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣਾ ਸੀ।
ਮੀਟਿੰਗ ਦੌਰਾਨ ਲਿੰਕ ਰੋਡਾਂ ਦੀ ਮੁਰੰਮਤ ਅਤੇ ਨਿਰਮਾਣ, ਅਣਅਧਿਕਾਰਤ ਉਸਾਰੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਡਰੇਨਜ਼ ਵਿਭਾਗ ਵੱਲੋਂ ਨਿਕਾਸੀ ਪ੍ਰਬੰਧ, ਵਣ ਵਿਭਾਗ ਦੇ ਰੁੱਖ ਲਗਾਉਣ ਅਤੇ ਵਾਤਾਵਰਣ ਸੁਰੱਖਿਆ ਸੰਬੰਧੀ ਉਪਰਾਲਿਆਂ, ਖੇਤੀਬਾੜੀ ਵਿਭਾਗ ਵੱਲੋਂ ਚਲ ਰਹੇ ਪ੍ਰੋਜੈਕਟਾਂ ਅਤੇ ਸਹਿਕਾਰਤਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਿੰਡਾਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬੀ ਡੀ ਪੀ ਓਜ਼ ਮੌਜੂਦ ਸਨ।
