Patiala News: ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ
Patiala News: ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ

ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਅਧੀਨ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਦੇ ਸਹਿਯੋਗ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਿਤੀ 5 ਜੂਨ 2026 (ਸ਼ੁੱਕਰਵਾਰ) ਨੂੰ ਸਵੇਰੇ 7:30 ਵਜੇ ਨੇਹਰੂ ਪਾਰਕ, ਪੁਰਾਣਾ ਬੱਸ ਸਟੈਂਡ, ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ।
ਇਸ ਸਮਾਗਮ ਵਿੱਚ ਸ਼ਹਿਰ ਦੀਆਂ ਨਾਮਵਰ ਸ਼ਖਸੀਅਤਾਂ, ਵਾਤਾਵਰਨ ਪ੍ਰੇਮੀ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਵਿਦਵਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਸੰਭਾਵੀ ਉਪਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪਟਿਆਲਾ ਵਿੱਚ ਵਾਤਾਵਰਨ ਸੰਭਾਲ ਲਈ ਕਾਰਜਸ਼ੀਲ ਵੱਖ-ਵੱਖ ਐਨ.ਜੀ.ਓਜ਼ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਸਨਮਾਨਿਤ ਅਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਵਿੱਖ ਲਈ ਵਾਤਾਵਰਨ ਸੁਰੱਖਿਆ ਸਬੰਧੀ ਯੋਜਨਾਵਾਂ ਵੀ ਉਲੀਕੀਆਂ ਜਾਣਗੀਆਂ।
ਡਾ. ਸੁਮੀਤ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਮੌਸਮ ਵਿੱਚ ਆ ਰਹੀਆਂ ਤਬਦੀਲੀਆਂ ਦੇ ਮਾੜੇ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਮਹਿਸੂਸ ਕੀਤੇ ਜਾ ਰਹੇ ਹਨ। ਬੇਮੌਸਮੀ ਬਰਸਾਤ, ਅੱਤ ਦੀ ਗਰਮੀ ਅਤੇ ਹੋਰ ਮੌਸਮੀ ਅਸਥਿਰਤਾਵਾਂ ਨਾ ਸਿਰਫ਼ ਮਨੁੱਖੀ ਜੀਵਨ, ਸਗੋਂ ਫ਼ਸਲੀ ਚੱਕਰ ਅਤੇ ਜਾਨਵਰਾਂ ਉੱਤੇ ਵੀ ਨਕਾਰਾਤਮਕ ਪ੍ਰਭਾਵ ਪਾ ਰਹੀਆਂ ਹਨ।
ਉਨ੍ਹਾਂ ਸਮੂਹ ਵਾਤਾਵਰਨ ਪ੍ਰੇਮੀਆਂ, ਸਮਾਜ ਸੇਵੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
