Patiala News: ਡੀਸੀ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ
Patiala News: ਡੀਸੀ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

*ਸ਼ਹਿਰ ਦੀ ਸਫਾਈ ਤੇ ਸੀਵਰੇਜ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡੀਸੀ ਦੇ ਨਿਰਦੇਸ਼*
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰਾਂ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਗਰ ਨਿਗਮ ਦੇ ਸਾਂਝੇ ਸਹਿਯੋਗ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।ਓਹਨਾ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਜਾ ਸਿਆਲ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੰਦਰਾ ਕਾਲੋਨੀ ਖੇਤਰ ਵਿੱਚ ਸੀਵਰੇਜ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੀਵਰੇਜ ਲਾਈਨਾਂ ਦੀ ਸਫ਼ਾਈ ਅਤੇ ਨਿਕਾਸੀ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।ਓਹਨਾ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਾਰੇ ਨਾਲਿਆਂ, ਸੀਵਰੇਜ ਲਾਈਨਾਂ ਅਤੇ ਡਰੇਨਾਂ ਦੀ ਸਫ਼ਾਈ ਦਾ ਕੰਮ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਪਾਣੀ ਖੜ੍ਹਾ ਹੋਣ ਜਾਂ ਸੀਵਰੇਜ ਦੀ ਸਮੱਸਿਆ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਤ੍ਰਿਪੜੀ ਤੋਂ ਝਿੱਲ ਰੋਡ ਤੱਕ ਸੜਕਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਸੜਕਾਂ ਦੀ ਮੁਰੰਮਤ ਅਤੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਡੀ ਸੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਮੁੱਖ ਮਾਰਗਾਂ, ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਜਲ ਭਰਾਅ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਥਾਨਕ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
