Curfew:Latest orders by Patiala DC 1 December

December 1, 2020 - PatialaPolitics


ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਕਰਕੇ ਰਾਤ ਦਾ ਕਰਫਿਊ ਲਾਗੂ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ 26 ਨਵੰਬਰ 2020 ਨੂੰ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕਰਫ਼ਿਊ ਲਾਗੂ ਕਰਨ ਦੇ ਜਾਰੀ ਕੀਤੇ ਇਨ੍ਹਾਂ ਹੁਕਮਾਂ ਮੁਤਾਬਕ ਜ਼ਿਲ੍ਹੇ ਦੀ ਹਦੂਦ ਅੰਦਰ ਸੀਆਰਪੀਸੀ ਦੀ ਧਾਰਾ 144 ਤਹਿਤ ਆਮ ਲੋਕਾਂ ਦੀ ਗ਼ੈਰਜ਼ਰੂਰੀ ਆਵਾਜਾਈ ‘ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰਲੇ ਸਾਰੇ ਸ਼ਹਿਰਾਂ ਤੇ ਕਸਬਿਆਂ ਦੀ ਮਿਊਂਸਪਲ ਹਦੂਦ ਵਿੱਚ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ। ਜਦੋਂਕਿ ਉਦਯੋਗਾਂ ‘ਚ ਸਿਫ਼ਟਾਂ, ਸਰਕਾਰੀ ਤੇ ਗ਼ੈਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਆਵਾਜਾਈ ਅਤੇ ਕੌਮੀ ਸ਼ਾਹਰਾਹ ਅਤੇ ਰਾਜ ਮਾਰਗਾਂ ‘ਤੇ ਭਾਰੇ ਵਾਹਨਾਂ, ਕਾਰਗੋ ਅਤੇ ਰੇਲਾਂ, ਹਵਾਈ ਜਹਾਜਾਂ ਅਤੇ ਬੱਸਾਂ ‘ਚੋਂ ਉਤਰਕੇ ਆਪਣੇ ਟਿਕਾਣਿਆਂ ‘ਤੇ ਜਾਣ ਵਾਲੇ ਵਿਅਕਤੀਆਂ ਦੀ ਆਵਾਜਾਈ ਵੀ ਜਾਰੀ ਰਹੇਗੀ।
ਹੋਟਲਾਂ, ਰੈਸਟੋਰੈਂਟ, ਮੈਰਿਜ ਪੈਲੇਸ, ਆਉ-ਭਗਤ ਦੇ ਬਾਕੀ ਅਦਾਰੇ, ਸ਼ਾਪਿੰਗ ਮਾਲਜ ਵਿੱਚ ਹੋਟਲ ਤੇ ਮਲਟੀਪਲੈਕਸ ਆਦਿ ਰਾਤ 9.30 ਵਜੇ ਬੰਦ ਕਰਨੇ ਲਾਜਮੀ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਗਤੀਵਿਧੀਆਂ ‘ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ ‘ਚ 6 ਫੁਟ ਦੀ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਣੀ ਯਕੀਨੀ ਬਣਾਈ ਜਾਵੇ। ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜਿਆਦਾ ਜਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਬਿਨ੍ਹਾਂ ਜਨਤਕ ਕੰਮ ਵਾਲੇ ਸਥਾਨਾਂ ‘ਤੇ ਮਾਸਕ ਪਾਉਣੇ, ਜਨਤਕ ਥਾਵਾਂ ‘ਤੇ ਨਾ ਥੁੱਕਣ, ਸਮੇਂ-ਸਮੇਂ ‘ਤੇ ਹੱਥ ਸਾਬਣ ਨਾਲ ਧੋਣ ਜਾਂ ਸੈਨੇਟਾਈਜ ਕਰਨੇ ਵੀ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਸਕ ਨਾ ਪਹਿਨਣ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਵਿਅਕਤੀ ਨੂੰ ਇੱਕ ਹਜ਼ਾਰ ਰੁਪਏ ਦਾ ਜ਼ੁਰਮਾਨਾ ਦੇਣਾ ਪਵੇਗਾ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।