DC office employees welcome new year with Sukhmani Sahib Path

January 1, 2021 - PatialaPolitics

ਪਟਿਆਲਾ, 1 ਜਨਵਰੀ:
ਨਵੇਂ ਵਰ੍ਹੇ 2021 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਲਈ ਸਮੂਹ ਸੰਗਤ ਨੂੰ ਬੂਟੇ ਵੀ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ ‘ਚ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ ‘ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ‘ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਰਵੀ ਇੰਦਰ ਸਿੰਘ, ਸਬ ਰਜਿਸਟਰਾਰ ਸੰਜੀਵ ਗੌੜ, ਤਹਿਸੀਲਦਾਰ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਪੀਏ ਟੂ ਡੀ.ਸੀ. ਪਰਮਜੀਤ ਕੌਰ ਅੰਟਾਲ, ਸੁਪਰਡੈਂਟ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ. ਲਾਲ ਸਿੰਘ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।