DC Patiala flags of stubble burning awareness van

April 1, 2019 - PatialaPolitics

ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਵਾਤਾਵਰਨ ਦੀ ਸੰਭਾਲ ਨੂੰ ਉਤਸ਼ਾਹਤ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀ ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸ਼ੌਕਤ ਅਹਿਮਦ ਪਰੇ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਅਨਾਇਤ ਗੁਪਤਾ ਵੀ ਹਾਜ਼ਰ ਸਨ।

ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਅਰਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿਥੇ ਫ਼ਸਲਾਂ ਦੇ ਵੱਧਣ-ਫੁੱਲਣ ਲਈ ਸਹਾਈ ਹੁੰਦੇ ਮੱਲੜ ਅਤੇ ਲੋੜੀਂਦੇ ਆਰਗੈਨਿਕ ਕਾਰਬਨ ਤੇ ਹੋਰ ਤੱਤ ਸੜ੍ਹ ਜਾਂਦੇ ਹਨ, ਉਥੇ ਹੀ ਮਿੱਤਰ ਕੀੜੇ ਵੀ ਸੜ੍ਹਨ ਦੇ ਨਾਲ-ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟ ਹੋ ਜਾਂਦੀ ਹੈ। ਇਸ ਲਈ ਕਣਕ ਦੇ ਨਾੜ ਸਮੇਤ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ।
ਡਾ. ਅਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਵੈਨ ਦੁਆਰਾ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਥਾਂ ਇਸਦੇ ਹੋਰ ਤਰੀਕਿਆਂ ਨਾਲ ਨਿਪਟਾਰੇ ਲਈ ਉਤਸ਼ਾਹਤ ਅਤੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਲਾਏ ਜਾਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਮੌਜੂਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਦੇ ਵਾਤਾਵਰਣ ਇੰਜੀਨੀਅਰ ਇੰਜ. ਲਵਨੀਤ ਦੂਬੇ ਨੇ ਦੱਸਿਆ ਕਿ ਇਸ ਵੈਨ ‘ਚ ਪ੍ਰਚਾਰ ਲਈ ਫਲੈਕਸਾਂ ਸਮੇਤ ਆਡੀਓ ਸਿਸਟਮ ਲੱਗਿਆ ਹੋਇਆ ਹੈ ਤੇ ਇਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਵਿਰੁਧ ਜਾਗਰੂਕ ਕਰੇਗੀ। ਇਸ ਮੌਕੇ ਸਹਾਇਕ ਵਾਤਾਵਰਣ ਇੰਜੀਨੀਅਰ ਇੰਜ. ਜਤਿੰਦਰ ਸੋਨੀ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਕੁਮਾਰ, ਡਾ. ਰਵਿੰਦਰਪਾਲ ਸਿੰਘ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।