Direct payment in farmers account starts

April 20, 2021 - PatialaPolitics

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਜਿ਼ਲ੍ਹੇ ਦੇ ਕਿਸਾਨਾਂ ਨੂੰ ਆਨ ਲਾਈਨ ਪੇਮੈਂਟ ਸ਼ੁਰੂ, ਕਿਸਾਨਾਂ ਦੇ ਖਾਤਿਆਂ
ਵਿੱਚ ਸੱਤ ਕਰੋੜ ਰੁਪਏ ਤੋਂ ਵੱਧ ਹੋਏ ਟਰਾਂਸਫਰ : ਡਿਪਟੀ ਕਮਿਸ਼ਨਰ
– ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਇੱਕ ਲੱਖ 42 ਹਜ਼ਾਰ 494 ਟਨ ਕਣਕ ਦੀ ਕੀਤੀ ਖਰੀਦ
– ਮੰਡੀਆਂ ਵਿੱਚ ਇੱਕ ਲੱਖ 43 ਹਜ਼ਾਰ 17 ਟਨ ਕਣਕ ਦੀ ਹੋਈ ਆਮਦ
– ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਕੀਤੇ ਗਏ ਪੁਖਤਾ ਪ੍ਰਬੰਧ
– ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜਤੀਆਂ ਤੇ ਮਜਦੂਰਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ :-
ਜਿ਼ਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨ ਲਾਈਨ ਅਦਾਇਗੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਸੱਤ ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਅਤੇ ਇਹ ਪ੍ਰਕ੍ਰਿਆ ਤੇਜੀ ਨਾਲ ਚਲਾਈ ਜਾ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀਮਿਹਨਤ ਦਾ ਫਲ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਲੱਖ 43 ਹਜ਼ਾਰ 17 ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਇੱਕ ਲੱਖ 42 ਹਜ਼ਾਰ 494 ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਸ਼੍ਰੀਮਤੀ ਗਿੱਲ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 36898 ਟਨ, ਮਾਰਕਫੈਡ ਨੇ 33533 ਟਨ, ਪਨਸਪ ਵੱਲੋਂ 34237, ਵੇਅਰ ਹਾਊਸ ਵੱਲੋਂ 34576, ਐਫ.ਸੀ.ਆਈ. ਵੱਲੋਂ 13225 ਅਤੇ ਵਪਾਰੀਆਂ ਵੱਲੋਂ 25 ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਸੈਨੇਟਾਈਜਰ ਅਤੇ ਮਾਸਕ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਭੈਅ ਜਾਂ ਡਰ ਤੋਂ ਵੇਚ ਸਕਣ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਨਾਲੋ-ਨਾਲ ਲਿਫਟਿੰਗ ਜਰੂਰੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਅਦਾਇਗੀ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇ ।