Free Dengue test in 33 Punjab Government Hospitals

April 25, 2018 - PatialaPolitics

ਪੰਜਾਬ ਸਰਕਾਰ ਨੇ ਡੇਂਗੂ ਅਤੇ ਮਲੇਰੀਏ ਤੋਂ ਪ੍ਰਭਾਵਤ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ ਯਕੀਨੀ ਬਣਾਉਣ ਹਿੱਤ ਅਹਿਮ ਫ਼ੈਸਲਾ ਲੈਂਦਿਆਂ ਡੇਂਗੂ ਦੀ ਮੁਫ਼ਤ ਜਾਂਚ ਦੀ ਸਹੂਲਤ 33 ਹੋਰ ਸਰਕਾਰੀ ਹਸਪਤਾਲਾਂ ਤੱਕ ਵਧਾ ਦਿੱਤੀ ਹੈ।ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ ਪੰਜਾਬ ਭਵਨ ਵਿਖੇ ਡੇਂਗੂ ਸਬੰਧੀ ਸਟੇਟ ਟਾਸਕ ਫ਼ੋਰਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਮੈਡੀਕਲ ਅਫ਼ਸਰਾਂ ਅਤੇ ਦਿਹਾਤੀ ਮੈਡੀਕਲ ਅਫ਼ਸਰਾਂ ਨੂੰ ਡੇਂਗੂ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰਨਾਂ ਬੀਮਾਰੀਆਂ ਦੀ ਰੋਕਥਾਮ ਲਈ ਤਕਨੀਕੀ ਸਿਖਲਾਈ ਦਿੱਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਹੋਰ ਬੀਮਾਰੀਆਂ ਦੀ ਵਧੀਆ ਜਾਂਚ ਅਤੇ ਪ੍ਰਬੰਧਨ ਲਈ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਡੇਂਗੂ ਦੀ ਜਾਂਚ ਸਿਰਫ਼ 26 ਕੇਂਦਰਾਂ ’ਤੇ ਉਪਲਬਧ ਸੀ। ਇਸ ਸਹੂਲਤ ਨੂੰ ਵਧਾ ਕੇ 33 ਹਸਪਤਾਲਾਂ ਤੱਕ ਕਰ ਦਿੱਤਾ ਗਿਆ ਹੈ ਅਤੇ ਹੁਣ ਡੇਰਾ ਬੱਸੀ, ਫ਼ਗਵਾੜਾ, ਖੰਨਾ, ਨਾਭਾ, ਮਲੋਟ ਅਤੇ ਭੁੰਗਾ ਦੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ ਵੀ ਜਾਂਚ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡੇਂਗੂ ਦਾ ਇਲਾਜ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕਮਿਊਨਿਟੀ ਹੈਲਥ ਸੈਂਟਰ ਦੇ ਪੱਧਰ ਤੱਕ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਹਸਪਤਾਲਾਂ ਵਿਚ ਡੇਂਗੂ ਦੇ ਮਰੀਜ਼ਾਂ ਲਈ ਵੱਖਰੇ ਵਾਰਡ ਵੀ ਸਥਾਪਤ ਕੀਤੇ ਗਏ ਹਨ।ਮੀਟਿੰਗ ਦੌਰਾਨ ਆਗਾਮੀ ਮੌਸਮ ਵਿੱਚ ਡੇਂਗੂ ਅਤੇ ਵੈਕਟਰ ਬੌਰਨ ਡਿਸਿਜ਼ਿਜ਼ (ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ) ਦੀ ਰੋਕਥਾਮ ਲਈ ਭਾਈਵਾਲ ਵਿਭਾਗਾਂ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਲੋੜੀਂਦੇ ਕੀਟਨਾਸ਼ਕ, ਸਪਰੇਅ ਪੰਪਾਂ ਅਤੇ ਫ਼ੌਗਿੰਗ ਮਸ਼ੀਨਾਂ ਦੀ ਖ਼ਰੀਦ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕੀਤਾ ਜਾਵੇ ਤਾਂ ਜੋ ਡੇਂਗੂ ਦੀ ਰੋਕਥਾਮ ਦੀ ਕਾਰਵਾਈ ਸਮੇਂ ਸਿਰ ਅਮਲ ’ਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ’ਤੇ ਮੱਛਰ ਦੇ ਪੈਦਾ ਹੋਣ ਦੀ ਸ਼ਿਕਾਇਤ ਮਿਲਦੀ ਹੈ, ਉੱਥੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਤੁਰੰਤ ਚਲਾਨ ਕੱਟੇ ਜਾਣ ਅਤੇ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣ।ਸ੍ਰੀ ਮਹਿੰਦਰਾ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਗੰਦੇ ਤਲਾਬਾਂ ਦੀ ਸ਼ਨਾਖ਼ਤ ਕਰਨ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਗਮਬੁਸ਼ੀਆ ਮੱਛੀਆਂ ਨੂੰ ਮੱਛਰਾਂ ਦਾ ਵਾਧਾ ਰੋਕਣ ਲਈ ਵਰਤਿਆ ਜਾ ਸਕੇ ਅਤੇ ਮਲੇਰੀਆ ਤੇ ਡੇਂਗੂ ਵਰਗੇ ਰੋਗਾਂ ਦੀ ਰੋਕਥਾਮ ਕੀਤੀ ਜਾ ਸਕੇ।ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਟਰਾਂਸਪੋਰਟ, ਸਿੱਖਿਆ, ਮੈਡੀਕਲ ਸਿੱਖਿਆ ਅਤੇ ਖੋਜ, ਕਿਰਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਸ਼ੂ ਪਾਲਣ, ਰੋਡਵੇਜ਼, ਮੱਛੀ ਪਾਲਣ ਸਣੇ ਸਾਰੇ ਵਿਭਾਗਾਂ ਅਤੇ ਆਈ.ਐਮ.ਏ., ਪੰਜਾਬ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਦਫ਼ਤਰਾਂ ਵਿੱਚ ਮੱਛਰ ਪੈਦਾ ਨਾ ਹੋਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਸਬੰਧਤ ਵਿਭਾਗ ਦੇ ਮੁਖੀ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਮਹਿੰਦਰਾ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿੱਜੀ ਪ੍ਰੈਕਟਿਸ ਕਰ ਰਹੇ ਡਾਕਟਰਾਂ ਅਤੇ ਲੈਬਾਰਟਰੀਆਂ ਨੂੰ ਸਮੇਂ-ਸਮੇਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਡੇਂਗੂ ਦੇ ਹਰ ਮਾਮਲੇ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਵਾਲੀ ਦੋਸ਼ੀ ਸੰਸਥਾ ਦੇ ਮੁਖੀ ਵਿਰੁਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਮਹਿੰਦਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂਲਰਾਂ, ਗਮਲਿਆਂ, ਫ਼ਰਿੱਜਾਂ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖ਼ਾਲੀ ਕਰਕੇਸਾਫ਼ ਕਰਨ ਤਾਂ ਜੋ ਡੇਂਗੂ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਇਹ ਕਾਰਵਾਈ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਹਰੇਕ ਘਰ ਅਤੇ ਦਫ਼ਤਰ ਵਿਚ ਕੀਤੀ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ‘‘ਹਰ ਸ਼ੁੱਕਰਵਾਰ: ਡਰਾਈ ਡੇ’’ ਦੇ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਫੈਲਾਉਣ। ਉਨ੍ਹਾਂ ਖ਼ਾਸਕਰ ਸਿੱਖਿਆ ਵਿਭਾਗ ਨੂੰ ਕਿਹਾ ਕਿ ਵਿਭਾਗ ਵਿਦਿਆਰਥੀਆਂ ਨੂੰ ਇਸ ਸੰਦੇਸ਼ ਪ੍ਰਤੀ ਜਾਗਰੂਕ ਕਰਨ ਲਈ ਮੁੱਖ ਭੂਮਿਕਾ ਨਿਭਾਏ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ, ਮਲੇਰੀਆ ਅਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਨੂੰ ਕੇਵਲ ਜਾਗਰੂਕਤਾ ਦੁਆਰਾ ਹੀ ਕੰਟਰੋਲ ਕੀਤਾ ਜਾ ਸਕਦਾ ਹੈ।