Mayor & DC visited many places in Patiala

October 27, 2018 - PatialaPolitics

ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਅਤੇ ਮੇਅਰ ਨਗਰ ਨਿਗਮ ਸ਼੍ਰੀ ਸੰਜੀਵ ਸ਼ਰਮਾ ਬਿੱਟੂ ਵੱਲੋਂ ਅੱਜ ਸਵੇਰ ਸਮੇਂ ਪਟਿਆਲਾ ਸ਼ਹਿਰ ਦੇ ਅਹਿਮ ਸਥਾਨਾਂ ਦੀ ਸਾਫ਼-ਸਫ਼ਾਈ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਰਾਜਪੁਰਾ ਰੋਡ, ਸਮਾਨੀਆ ਗੇਟ, ਭਾਸ਼ਾ ਵਿਭਾਗ, ਕਿਲ੍ਹਾ ਚੌਕ ਸਮੇਤ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਦਿਵਾਲੀ ਦੇ ਤਿਉਹਾਰ ਮੌਕੇ ਵਾਤਾਵਰਨ ਨੂੰ ਸ਼ੁੱਧ ਬਣਾਈ ਰੱਖਣ ਲਈ ਪਟਾਕਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਇਸ ਤਿਉਹਾਰ ਨੂੰ ਆਪਣਾ ਆਲਾ-ਦੁਆਲਾ ਸਾਫ਼ ਕਰਕੇ ਮਨਾਇਆ ਜਾਵੇ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਫ਼ਾਈ ਪ੍ਰਬੰਧਾਂ ਉਪਰ ਨਿਗਰਾਨੀ ਰੱਖਣ ਦੀ ਹਦਾਇਤ ਕਰਦਿਆ ਕਿਹਾ ਕਿ ਸਫ਼ਾਈ ਸੇਵਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਸਥਾਨ ਉਪਰ ਕੂੜਾ ਮਿਲਣ ਦੀ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮਕਸਦ ਹੀ ਪੰਜਾਬ ਨੂੰ ਸਾਫ਼-ਸੁਥਰਾ ਅਤੇ ਬਿਮਾਰੀ ਤੋਂ ਮੁਕਤ ਕਰਨਾ ਹੈ ਅਤੇ ਇਸ ਲਈ ਆਪਣੇ ਸ਼ਹਿਰ ਨੂੰ ਤੰਦਰੁਸਤ ਰੱਖਣ ਲਈ ਜਿੰਨੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਨਿਗਮ ਦੀ ਹੈ ਉਨ੍ਹੀ ਹੀ ਜ਼ਿੰਮੇਵਾਰੀ ਆਮ ਲੋਕਾਂ ਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਵਾਂਗੇ ਤਾਂ ਹੀ ਅਸੀ ਇਸ ਮਿਸ਼ਨ ਨੂੰ ਸਫਲ ਬਣਾ ਸਕਦੇ ਹਾਂ।

ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਸ਼੍ਰੀ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਵੀ ਕਿਸੇ ਸਥਾਨ ਉਪਰ ਕੂੜਾ ਦਿਖਦਾ ਹੈ ਤਾਂ ਇਸ ਦੀ ਸੂਚਨਾ ਸਵੱਛਤਾ ਐਪ ਉਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਐਪ ਉਪਰ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਕੂੜਾ ਸੁੱਟਣ ਸਮੇਂ ਕੂੜਾ ਦਾਨ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਬਿਮਾਰੀਆਂ ਤੋਂ ਮੁਕਤ ਕਰਨ ਲਈ ਸਭ ਤੋਂ ਅਹਿਮ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਹੈ ਪਰ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਸਾਰੇ ਲੋਕ ਰੱਲਕੇ ਇਸ ਵੱਲ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਸ਼ਹਿਰ ਦੀ ਸਾਫ਼-ਸਫ਼ਾਈ ਲਈ ਯਤਨਸ਼ੀਲ ਹੈ।
ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।