New orders by Patiala DC 27 April

April 27, 2021 - PatialaPolitics

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ
ਪਟਿਆਲਾ ਜ਼ਿਲ੍ਹੇ ਅੰਦਰ ਰਾਤ ਦੇ ਕਰਫਿਊ ਦਾ ਸਮੇਂ ‘ਚ ਵਾਧਾ, ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗੀ ਪਾਬੰਦੀ
-ਹਫ਼ਤਾਵਾਰੀ ਕਰਫਿਊ ਤਹਿਤ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਤੱਕ ਗ਼ੈਰਜਰੂਰੀ ਆਵਾਜਾਈ ‘ਤੇ ਰੋਕ
-ਕੋਵਿਡ-19 ਦੀ ਲਾਗ ਫੈਲਣ ਤੋਂ ਰੋਕਣ ਲਈ ਪਹਿਲਾਂ ਜਾਰੀ ਪਾਬੰਦੀਆਂ ‘ਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਾਧਾ
-ਕੋਵਿਡ ਤੋਂ ਬਚਾਅ ਲਈ ਲਗਾਏ ਜਾ ਰਹੇ ਟੀਕਾਕਰਨ ਕੈਂਪ ਪਾਬੰਦੀਆਂ ਦੌਰਾਨ ਵੀ ਜਾਰੀ ਰਹਿਣਗੇ
ਪਟਿਆਲਾ, 27 ਅਪ੍ਰੈਲ:
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ ਦੀ ਲਾਗ ਫੈਲਣ ਤੋਂ ਰੋਕਣ ਲਈ ਪਹਿਲਾਂ ਜਾਰੀ ਕੀਤੇ ਪਾਬੰਦੀ ਦੇ ਹੁਕਮਾਂ ‘ਚ ਵਾਧਾ ਕਰਦਿਆਂ ਜ਼ਿਲ੍ਹੇ ਅੰਦਰ ਰਾਤ ਦੇ ਕਰਫਿਊ ਦੇ ਸਮੇਂ ਨੂੰ ਵਧਾਉਂਦਿਆਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰਜਰੂਰੀ ਆਵਾਜਾਈ ‘ਤੇ ਪਾਬੰਦੀ ਲਗਾਈ ਹੈ। ਪਰੰਤੂ ਜਰੂਰੀ ਸੇਵਾਵਾਂ ਤੇ ਵਸਤੂਆਂ ਦੀ ਸਪਲਾਈ ਜਾਰੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵੱਲੋਂ 19 ਅਪ੍ਰੈਲ 2021 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਲਾਗੂ ਕੀਤੇ ਹਨ। ਆਪਣੇ ਪਹਿਲਾਂ ਜਾਰੀ ਕੀਤੇ ਦਫ਼ਤਰੀ ਹੁਕਮ, ਪੱਤਰ ਨੰਬਰ 1426-43/ਫੁਟਕਲ ਮਿਤੀ 20.04.2021 ਦੀ ਲਗਾਤਾਰਤਾ ‘ਚ ਵਾਧਾ ਕਰਦਿਆਂ ਇਹ ਨਵੇਂ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਸਮੇਤ ਮਾਲਜ਼ ਅਤੇ ਮਲਟੀਪਲੈਕਸ਼ ਰੋਜ਼ਾਨਾ ਸ਼ਾਮ 5 ਵਜੇ ਬੰਦ ਹੋਣਗੇ ਹੋਮ ਡਲਿਵਰੀ ਰਾਤ 9 ਵਜੇ ਤੱਕ ਜਾਰੀ ਰਹਿ ਸਕੇਗੀ। ਰਾਤ ਦੇ ਕਰਫਿਊ ਤਹਿਤ ਜ਼ਿਲ੍ਹੇ ਦੀ ਹਦੂਦ ਵਿੱਚ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਬੰਦ ਰਹਿਣਗੀਆਂ। ਸਾਰੇ ਪ੍ਰਾਈਵੇਟ ਦਫ਼ਤਰਾਂ ਸਮੇਤ ਸੇਵਾ ਖੇਤਰ ਉਦਯੋਗਾਂ ਦੇ ਦਫ਼ਤਰੀ ਸਟਾਫ਼ ਨੂੰ ਸਿਰਫ਼ ਘਰ ਤੋਂ ਕੰਮ ਕਰਨ ਦੀ ਆਗਿਆ ਹੋਵੇਗੀ।
ਜਦੋਂਕਿ ਉਦਯੋਗਾਂ ‘ਚ ਸਿਫ਼ਟਾਂ, ਸਰਕਾਰੀ ਤੇ ਗ਼ੈਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਆਵਾਜਾਈ ਤੋਂ ਇਲਾਵਾ ਰੇਲਾਂ, ਹਵਾਈ ਜਹਾਜਾਂ ਅਤੇ ਬੱਸਾਂ ‘ਚੋਂ ਉਤਰਕੇ ਆਪਣੇ ਟਿਕਾਣਿਆਂ ‘ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਛੋਟ ਹੋਵੇਗੀ। ਇਸ ਤੋਂ ਬਿਨ੍ਹਾਂ ਪਹਿਲਾਂ ਜਾਰੀ ਪਾਬੰਦੀਆਂ ਵੀ ਉਸੇ ਤਰ੍ਹਾਂ ਲਾਗੂ ਰਹਿਣਗੀਆਂ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਪਾਬੰਦੀ ਸਮੇਂ ਦੌਰਾਨ ਕੋਵਿਡ ਸਬੰਧੀਂ ਨਿਰਧਾਰਤ ਵਿਵਹਾਰ ਦੀ ਪਾਲਣਾ ਕਰਦਿਆਂ ਹੀ ਦਵਾਈਆਂ ਦੀਆਂ ਦੁਕਾਨਾਂ, ਦੁੱਧ, ਡੇਅਰੀ ਉਤਪਾਦ, ਸਬਜ਼ੀਆਂ ਅਤੇ ਫਲ ਆਦਿ ਦੀ ਸਪਲਾਈ ਜਾਰੀ ਰਹੇਗੀ। ਇਸ ਤੋਂ ਇਲਾਵਾ ਨਿਰਮਾਣ ਉਦਯੋਗ ਅਤੇ ਉਨ੍ਹਾਂ ਦੇ ਕਾਮਿਆਂ ਨੂੰ ਕੰਮ ‘ਤੇ ਜਾਣ ਅਤੇ ਵਾਪਸ ਆਉਣ ਦੀ ਇਜਾਜਤ ਹੋਵੇਗੀ। ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਉਸਾਰੀ ਦੀ ਇਜ਼ਾਜਤ ਹੋਵੇਗੀ।
ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਕੰਮ ਜਿਵੇਂ ਖਰੀਦ, ਬਾਗਬਾਨੀ, ਪਸ਼ੂਆਂ ਨਾਲ ਸਬੰਧਤ ਅਤੇ ਵੈਟਰਨਰੀ ਸੇਵਾਵਾਂ ਚਾਲੂ ਰਹਿਣਗੀਆਂ ਅਤੇ ਈ-ਕਾਮਰਸ ਅਤੇ ਜਰੂਰੀ ਸਾਮਾਨ ਦੀ ਢੋਆ ਢੁਆਈ ਵੀ ਜਾਰੀ ਰਹੇਗੀ। ਕੋਵਿਡ ਤੋਂ ਬਚਾਅ ਲਈ ਲਗਾਏ ਜਾ ਰਹੇ ਟੀਕਾਕਰਨ ਕੈਂਪ ਪਾਬੰਦੀਆਂ ਦੌਰਾਨ ਵੀ ਜਾਰੀ ਰਹਿਣਗੇ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਆਮ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।