Patiala Police gave one chance to students

February 3, 2019 - PatialaPolitics

ਪਟਿਆਲਾ ਪੁਲਿਸ ਵੱਲੋਂ ਬੀਤੀ ਸ਼ਾਮ ਇੱਥੇ ਰਣਜੀਤ ਨਗਰ ਇਲਾਕੇ ਵਿੱਚੋਂ ਇਕ ਘਰ ‘ਚ ਆ ਕੇ ਠਹਿਰੇ ਦੋ ਗੈਂਗਸਟਰਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਠਭੇੜ ਮਗਰੋਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਸੀ ਅਤੇ ਇਨ੍ਹਾਂ ਦੇ ਨਾਲ ਹੀ ਇਸੇ ਘਰ ‘ਚ ਪੀ.ਜੀ. ਵਜੋਂ ਰਹਿ ਰਹੇ 11 ਨੌਜਵਾਨ ਵਿਦਿਆਰਥੀਆਂ ਨੂੰ ਵੀ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ ਸੀ। ਇਸ ਮੁਠਭੇੜ ਦੌਰਾਨ ਤਿੰਨ ਜਣੇ ਫ਼ਰਾਰ ਹੋ ਗਏ ਸਨ। ਪਟਿਆਲਾ ਪੁਲਿਸ ਨੇ ਇਨ੍ਹਾਂ ਦੇ ਭਵਿੱਖ ਨੂੰ ਦੇਖਦਿਆਂ ਅੱਜ ਇਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ।

ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਨ੍ਹਾਂ ਨੌਜਵਾਨਾਂ ਨੂੰ ਮੁਢਲੀ ਪੁੱਛਗਿੱਛ ਤੇ ਤਫ਼ਤੀਸ਼ ਤੋਂ ਬਾਅਦ ਇਨ੍ਹਾਂ ਦੇ ਮਾਪਿਆਂ ਤੇ ਹੋਰ ਰਿਸ਼ਤੇਦਾਰਾਂ ਦੇ ਹਵਾਲੇ ਕਰਨ ਦੀ ਰਸਮ ਐਸ.ਪੀ. ਸਿਟੀ ਸ. ਕੇਸਰ ਸਿੰਘ ਨੇ ਇਥੇ ਥਾਣਾ ਸਿਵਲ ਲਾਇਨ ਵਿਖੇ ਨਿਭਾਈ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਸ. ਸੁਖਅੰਮ੍ਰਿਤ ਸਿੰਘ ਰੰਧਾਵਾ, ਡੀ.ਐਸ.ਪੀ. ਸ੍ਰੀ ਯੋਗੇਸ਼ ਸ਼ਰਮਾ ਅਤੇ ਥਾਣਾ ਸਿਵਲ ਲਾਇਨ ਦੇ ਇੰਚਾਰਜ ਇੰਸਪੈਕਟਰ ਸ. ਸਵਰਨਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਇਨ੍ਹਾਂ ਨੌਜਵਾਨਾਂ ਅਤੇ ਇਨ੍ਹਾਂ ਦੇ ਮਾਪਿਆਂ ਨੇ ਭਾਵੁਕ ਹੁੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸ ਗੱਲ ਦਾ ਖਾਸ ਧਿਆਨ ਰੱਖਣਗੇ ਕਿ ਉਨ੍ਹਾਂ ਦੇ ਆਲੇ-ਦੁਆਲੇ ਕਿਸ ਪ੍ਰਕਾਰ ਦੇ ਲੋਕ ਆਉਂਦੇ ਅਤੇ ਰਹਿੰਦੇ ਹਨ। ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਅਤੇ ਆਪਣਾ ਭਵਿੱਖ ਸੰਵਾਰਨ ਦਾ ਅਹਿਦ ਲੈਂਦਿਆਂ ਕਿਹਾ ਕਿ ਉਹ ਚੰਗੇ ਨਾਗਰਿਕ ਬਣਨ ਦਾ ਯਤਨ ਕਰਨਗੇ।
ਇਸ ਮੌਕੇ ਸ. ਕੇਸਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸ. ਸਿੱਧੂ ਨੇ ਇਨ੍ਹਾਂ ਨੌਜਵਾਨਾਂ ਦੇ ਉਜਵਲ ਭਵਿਖ ਅਤੇ ਅਗਲੇਰੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਇਹ ਅਹਿਮ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦਾ ਪਿਛਲਾ ਰਿਕਾਰਡ ਅਤੇ ਇਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਹੈ ਅਤੇ ਇਨ੍ਹਾਂ ਨੂੰ ਇਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ। ਐਸ.ਪੀ. ਸਿਟੀ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਅਤੇ ਉਸਦੀ ਸੰਗਤ ਵੱਲ ਖਾਸ ਧਿਆਨ ਦੇਣ।