Patiala Sports University to be operation by September 1

June 2, 2019 - PatialaPolitics


ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਨਵੀਂ ਸਪੋਰਟਸ ਯੂਨੀਵਰਸਿਟੀ ਇਕ ਸਤੰਬਰ ਤੋਂ ਚਾਲੂ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਦੀ ਮੀਟਿੰਗ ’ਚ ਪੇਸ਼ ਹੋਵੇਗਾ ਖਰੜਾ
ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਲਈ ਸਰਕਾਰ ਆਰਡੀਨੈਂਸ ਲਿਆਵੇਗੀ


ਪਟਿਆਲਾ/ਚੰਡੀਗੜ, 1 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਨਵੀਂ ਖੇਡ ਯੂਨੀਵਰਸਿਟੀ ਨੂੰ 1 ਸਤੰਬਰ, 2019 ਤੋਂ ਚਾਲੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਉਨਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਪਹਿਲੇ ਬੈਚ ਲਈ ਦਾਖਲਾ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਦਿੱਤੇ।
ਯੂਨੀਵਰਸਿਟੀ ਦੀ ਸਥਾਪਨਾ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਸਤਾਵਿਤ ਸੰਸਥਾ ਦਾ ਨਾਮ ‘ਦਾ ਪੰਜਾਬ ਸਪੋਰਟਸ ਯੂਨੀਵਰਸਿਟੀ’ ਵਜੋਂ ਰੱਖਣ ਦੀ ਪ੍ਰਵਾਨਗੀ ਦਿੱਤੀ ਜਿਸ ਦਾ ਖਰੜਾ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਸਬੰਧ ਵਿੱਚ ਇਕ ਆਰਡੀਨੈਂਸ ਵੀ ਲਿਆਂਦਾ ਜਾਵੇਗਾ ਤਾਂ ਕਿ ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਲਈ ਸਿੱਧੋਵਾਲ ਪਿੰਡ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨਾਲ ਲਗਦੀ 97 ਏਕੜ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ। ਪਿੰਡ ਦੀ ਪੰਚਾਇਤ ਵੱਲੋਂ 97 ਫੀਸਦੀ ਜ਼ਮੀਨ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਬਾਕੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਪਿੰਡ ਦੇ ਉਨਾਂ ਯੋਗ ਲੋਕਾਂ ਲਈ ਗਰੁੱਪ ਸੀ. ਅਤੇ ਡੀ. ਦੀਆਂ ਕੁਝ ਅਸਾਮੀਆਂ ਰਾਖਵੀਆਂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ, ਜਿਨਾਂ ਲੋਕਾਂ ਦੀ ਜ਼ਮੀਨ ਐਕੁਵਾਇਰ ਹੋਣੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੁੂੰ ਨਵੀਂ ਇਮਾਰਤ ਦੇ ਮੁਕੰਮਲ ਹੋਣ ਤੱਕ ਇਸ ਸੰਸਥਾ ਨੂੰ ਆਰਜ਼ੀ ਤੌਰ ’ਤੇ ਚਲਾਉਣ ਲਈ ਤੁਰੰਤ ਮੋਹਿੰਦਰਾ ਕੋਠੀ ਦਾ ਕਬਜ਼ਾ ਲੈਣ ਲਈ ਆਖਿਆ। ਬੁਲਾਰੇ ਨੇ ਦੱਸਿਆ ਕਿ ਇਸ ਮੰਤਵ ਲਈ ਕੋਠੀ ਦੀ ਮੁਰੰਮਤ ਵਾਸਤੇ 50 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ।
ਮੁੱਖ ਮੰਤਰੀ ਨੇ ਖੇਡ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਖਿਆ ਕਿ ਵੱਖ-ਵੱਖ ਕੋਰਸਾਂ ਨੂੰ ਸਪਾਂਸਰ ਕਰਨ ਅਤੇ ਸਬੰਧਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰਿਲਾਇੰਸ ਅਤੇ ਵਿਪਰੋ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਨਾਲ ਜੋੜਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ। ਮੁੱਖ ਮੰਤਰੀ ਦੀ ਮੁੰਬਈ ਫੇਰੀ ਮੌਕੇ ਇਕ ਮੀਟਿੰਗ ਦੌਰਾਨ ਰਿਲਾਇੰਸ ਨੇ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਵਿੱਚ ਦਿਲਚਸਪੀ ਵਿਖਾਈ ਸੀ।
ਇਸ ਸੰਸਥਾ ਲਈ ਸਿਲੇਬਸ ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਜੋ ਗਿਆਨ ਦੇ ਵਿਕਾਸ, ਹੁਨਰ ਅਤੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਤੋਂ ਇਲਾਵਾ ਖੇਡ ਤਕਲਾਨੋਜੀ ਅਤੇ ਹਰ ਤਰਾਂ ਦੀਆਂ ਖੇਡਾਂ ਦੀ ਉਚ ਸਿਖਲਾਈ ’ਤੇ ਕੇਂਦਰਿਤ ਹੋਵੇਗਾ। ਇਸੇ ਤਰਾਂ ਕੋਚਿੰਗ ਦੀਆਂ ਬਿਹਤਰ ਸਹੂਲਤਾਂ ਅਤੇ ਆਲਾ ਦਰਜੇ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਉੱਭਰਦੇ ਅਥਲੀਟਾਂ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਪ੍ਰਭਾਵੀ ਸੰਸਥਾਗਤ ਸਹਿਯੋਗ ਅਤੇ ਮਾਹੌਲ ਪ੍ਰਦਾਨ ਕੀਤਾ ਜਾਵੇਗਾ।
ਨੌਜਵਾਨਾਂ ਨੂੰ ਸਕੂਲੀ ਪੱਧਰ ਤੋਂ ਹੀ ਘੱਟੋ-ਘੱਟ ਇੱਕ ਖੇਡ ਅਪਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਖੇਡ ਵਿਭਾਗ ਨੂੰ ਸੂਬਾ ਪੱਧਰੀ ਨਵੀਨਤਮ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਲਈ ਕਿਹਾ ਤਾਂ ਕਿ ਵਿਸ਼ਵ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਛੋਟੀ ਉਮਰ ਤੋਂ ਹੀ ਕਲਾ ਨੂੰ ਤਰਾਸ਼ਿਆ ਜਾ ਸਕੇ।
ਮੀਟਿੰਗ ਵਿੱਚ ਸੰਚਾਲਨ ਕਮੇਟੀ ਦੇ ਮੁਖੀ ਅਤੇ ਅੰਤਰਰਾਸ਼ਟਰੀ ਓਿਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਸਮੇਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਅੰਮਿ੍ਰਤ ਕੌਰ ਗਿੱਲ ਹਾਜ਼ਰ ਸਨ।