Patiala:Curfew related decision likely tomorrow

April 30, 2020 - PatialaPolitics

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਪਟਿਆਲਾ ਜ਼ਿਲ੍ਹੇ ਅੰਦਰ ਕਰਫਿਊ ‘ਚ ਹਾਲੇ ਕੋਈ ਛੋਟ ਨਹੀਂ, 1 ਮਈ ਦੀ ਸ਼ਾਮ ਨੂੰ ਮੁੜ ਸਥਿਤੀ ਵਿਚਾਰ ਕੇ ਲਿਆ ਜਾਵੇਗਾ ਫੈਸਲਾ-ਜ਼ਿਲ੍ਹਾ ਮੈਜਿਸਟਰੇਟ
-ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ‘ਚ ਪਟਿਆਲਾ ਦੇ ਮੌਜੂਦਾ ਹਾਲਾਤ ‘ਤੇ ਚਰਚਾ
ਪਟਿਆਲਾ, 30 ਅਪ੍ਰੈਲ:
ਪਟਿਆਲਾ ਜ਼ਿਲ੍ਹੇ ਅੰਦਰ ਲਾਗੂ ਕਰਫਿਊ ‘ਚ ਹਾਲੇ ਕੋਈ ਛੋਟ ਨਹੀਂ ਦਿੱਤੀ ਜਾ ਰਹੀ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੇਰ ਸ਼ਾਮ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ‘ਚ ਸ਼ਮੂਲੀਅਤ ਕਰਨ ਮਗਰੋਂ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜਿੱਥੇ ਪਟਿਆਲਾ ਜ਼ਿਲ੍ਹੇ ਦੀ ਕੋਰੋਨਾਵਾਇਰਸ ਸਬੰਧੀਂ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਨੇ ਕਣਕ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਰੋਨਾਵਾਇਰਸ ਸਬੰਧੀਂ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਮਈ ਦੀ ਸ਼ਾਮ ਨੂੰ ਜ਼ਿਲ੍ਹੇ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਹੋਰ ਮੀਟਿੰਗ ਕਰਕੇ ਹੀ ਕੋਈ ਅਗਲਾ ਫੈਸਲਾ ਲਿਆ ਜਾਵੇਗਾ।
ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ, ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਨੋਡਲ ਅਫ਼ਸਰ ਅਨੁਪ੍ਰਿਆ ਜੌਹਲ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਐਸ.ਪੀ ਟ੍ਰੈਫਿਕ ਪਲਵਿੰਦਰ ਸਿੰਘ ਚੀਮਾ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅਜੇ ਪਟਿਆਲਾ ਜ਼ਿਲ੍ਹੇ ਅੰਦਰ ਕਰਫਿਊ ਵਿੱਚ ਕੋਈ ਛੋਟ ਨਾ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਵੇਂ ਕਿ ਕਰਫਿਊ ਦੌਰਾਨ ਕੁਝ ਛੋਟਾਂ ਦਾ ਐਲਾਨ ਕੀਤਾ ਗਿਆ ਸੀ ਪਰੰਤੂ ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਫੈਸਲੇ ਲੈਣ ਦਾ ਵੀ ਅਧਿਕਾਰ ਦਿੱਤਾ ਗਿਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਦੀ ਬਿਹਤਰੀ ਅਤੇ ਉਨ੍ਹਾਂ ਦਾ ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਅੰਦਰ ਅਜੇ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ ਅਤੇ ਇਹਤਿਆਤ ਵਜੋਂ ਪਾਬੰਦੀਆਂ ਜਾਰੀ ਰਹਿਣਗੀਆਂ।
ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਅਤੇ ਪਾਬੰਦੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਬਿਹਤਰੀ ਅਤੇ ਉਨ੍ਹਾਂ ਦੀ ਜਾਨ ਦੀ ਹਿਫ਼ਾਜਤ ਦੇ ਮੱਦੇਨਜ਼ਰ ਹੀ ਕੋਈ ਫੈਸਲਾ ਲਵੇਗਾ।
*******
ਫੋਟੋ ਕੈਪਸ਼ਨ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸਿੰਗ ‘ਚ ਹਿੱਸਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਅਤੇ ਹੋਰ ਜ਼ਿਲ੍ਹਾ ਅਧਿਕਾਰੀ।