Punjab Election 2022: New orders by Patiala DC

January 8, 2022 - PatialaPolitics

Punjab Election 2022: New orders by Patiala DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਟਿਆਲਾ
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ‘ਚ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ 1498823 ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ-ਸੰਦੀਪ ਹੰਸ
-ਸਮੂਹ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਨੂੰ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ
-ਜ਼ਿਲ੍ਹੇ ‘ਚੋਂ ਸਿਆਸੀ ਇਸ਼ਤਿਹਾਰੀ ਬੋਰਡ ਤੇ ਫਲੈਕਸਾਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੀ ਮੁਹਿੰਮ ਸ਼ੁਰੂ-ਡਿਪਟੀ ਕਮਿਸ਼ਨਰ
-ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਕ ਸਿਆਸੀ ਰੈਲੀਆਂ ਉੱਪਰ 15 ਜਨਵਰੀ ਤੱਕ ਮੁਕੰਮਲ ਪਾਬੰਦੀ
ਪਟਿਆਲਾ, 8 ਜਨਵਰੀ:
ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਣੀ ਐਲਾਨੇ ਜਾਣ ਨਾਲ ਹੀ ਜ਼ਿਲ੍ਹਾ ਪਟਿਆਲਾ ਅੰਦਰ ਵੀ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਜ਼ਿਲ੍ਹਾ ਚੋਣ ਅਫਸਰ ਸ੍ਰੀ ਹੰਸ ਨੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਐਸ.ਐਸ.ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰਾਂ ਗੌਤਮ ਜੈਨ ਤੇ ਗੁਰਪ੍ਰੀਤ ਸਿੰਘ ਥਿੰਦ ਸਮੇਤ ਸਾਰੇ ਰਿਟਰਨਿੰਗ ਅਫ਼ਸਰਾਂ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਵੀਡੀਓ ਕਾਨਫਰੰਸ ਮੀਟਿੰਗ ‘ਚ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਅੰਦਰ ਸਮੂਹ ਸਿਆਸੀ ਪਾਰਟੀਆਂ ਅਤੇ ਚੋਣ ਲੜਨ ਦੇ ਸੰਭਾਵੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ ਨੂੰ ਪੈਣਗੀਆਂ, ਜਿਸ ਲਈ 1498823 ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ‘ਚ 1788 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਜ਼ਿਕਰਯੋਗ ਹੈ ਕਿ ਚੋਣ ਸਮਾਂ ਸਾਰਣੀ ਅਨੁਸਾਰ 21 ਜਨਵਰੀ ਨੂੰ ਨੋਟੀਫੀਕੇਸ਼ਨ ਹੋਵੇਗਾ, ਜਿਸ ਪਿੱਛੋਂ 28 ਜਨਵਰੀ ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 29 ਜਨਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ। 31 ਜਨਵਰੀ ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਫਰਵਰੀ ਨੂੰ 8 ਵਿਧਾਨ ਸਭਾ ਹਲਕਿਆਂ ਅੰਦਰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਉੱਪਰ ਮੁਕੰਮਲ ਰੂਪ ਵਿਚ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਪਹਿਲਾਂ ਦਿੱਤੀਆਂ ਮਨਜ਼ੂਰੀਆਂ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਗਏ ਹੋਰਡਿੰਗ, ਫਲੈਕਸਾਂ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ, ਇਸ ਲਈ ਨਗਰ ਨਿਗਮ ਪਟਿਆਲਾ ਸਮੇਤ ਸਮੂਹ ਕਾਰਜ ਸਾਧਕ ਅਫ਼ਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।ਉਨ੍ਹਾਂ ਨੇ ਨਾਲ ਹੀ ਸਾਰੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਨ੍ਹਾਂ ਦੇ ਦਫ਼ਤਰਾਂ ‘ਚ ਲੱਗੀਆਂ ਸਿਆਸੀ ਆਗੂਆਂ ਦੀਆਂ ਤਸਵੀਰਾਂ ਵੀ ਤੁਰੰਤ ਉਤਾਰ ਦਿੱਤੀਆਂ ਜਾਣ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਕਿਹਾ ਕਿ ਸਟੈਟਿਕ ਸਰਵੇਲੈਂਸ ਟੀਮਾਂ, ਵੀਡੀਓ ਟੀਮਾਂ, ਉਡਣ ਦਸਤਿਆਂ ਦੀਆਂ ਟੀਮਾਂ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰਨ ਅਤੇ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਸਥਾਈ ਨਾਕਿਆਂ ਦੀ ‘ਤੇ ਚੌਕਸੀ ਨਾਲ ਨਜ਼ਰ ਰੱਖੀ ਜਾਵੇ। ਸ੍ਰੀ ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਚੋੋਣ ਪ੍ਰਕ੍ਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਚੋਣ ਅਮਲੇ ਦੀ 100 ਫੀਸਦੀ ਵੈਕਸੀਨੇਸ਼ਨ ਲਈ ਸਿਵਲ ਸਰਜਨ ਨੂੰ ਪਹਿਲਾਂ ਹੀ ਆਦੇਸ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ ਨਿਯਮਾਂ ‘ਚ ਕਿਸੇ ਵੀ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਸੰਦੀਪ ਹੰਸ ਨੇ ਇਹ ਵੀ ਕਿਹਾ ਕਿ ਵੱਖ-ਵੱਖ ਚੋਣ ਕਮੇਟੀਆਂ ਵਿਚ ਤਾਇਨਾਤ ਸਟਾਫ ਤੁਰੰਤ ਆਪੋ ਆਪਣੇ ਨੋਡਲ ਅਫ਼ਸਰਾਂ ਕੋਲ ਹਾਜ਼ਰੀ ਪੇਸ਼ ਕਰਨ।ਉਨ੍ਹਾਂ ਇਹ ਵੀ ਕਿਹਾ ਕਿ ਸੀ. ਵਿਜ਼ਲ ਐਪ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਜਿਸ ਰਾਹੀਂ ਲੋਕ ਚੋਣ ਜਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤ, ਤਸਵੀਰ ਆਦਿ ਐਪ ਰਾਹੀਂ ਭੇਜ ਸਕਦੇ ਹਨ ਤੇ ਇਸ ਉੱਪਰ ਮਿਲੀ ਸ਼ਿਕਾਇਤ ਦਾ 100 ਮਿੰਟ ਦੇ ਅੰਦਰ-ਅੰਦਰ ਨਿਪਟਾਰਾ ਕਰਨਾ ਹੋਵੇਗਾ। ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਕਿਹਾ ਹੈ ਕਿ ਜ਼ਿਲ੍ਹੇ ਵਿਚ ਲਾਗੂ ਚੋਣ ਅਮਲ ਦੇ ਮੱਦੇਨਜ਼ਰ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਖ਼ਤੀ ਨਾਲ ਨਾਕਾਬੰਦੀ ਕੀਤੀ ਜਾ ਚੁੱਕੀ ਹੈ ਤੇ ਕਿਸੇ ਵੀ ਗ਼ੈਰਸਮਾਜੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
************
ਫੋਟੋ ਕੈਪਸ਼ਨ-ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ।