Rozgaar Mela Patiala February 2019

February 11, 2019 - PatialaPolitics

ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਮਕਸਦ ਨਾਲ 15, 18 ਅਤੇ 21 ਫਰਵਰੀ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੁਜ਼ਗਾਰ ਤੇ ਉਤਪਤੀ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਬਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਜਾਣਕਾਰੀ ਦੇਣ ਲਈ ਵਾਰਡ ਪੱਧਰ ‘ਤੇ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ 1115 ਬੇਰੁਜ਼ਗਾਰ ਨੌਜਵਾਨਾਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਹੈ।

ਜ਼ਿਲ੍ਹਾ ਰੁਜ਼ਗਾਰ ਤੇ ਉਤਪਤੀ ਅਫ਼ਸਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਾਰਡਾਂ ਵਿੱਚ ਲਗਾਏ ਕੈਂਪਾਂ ਰਾਹੀਂ 167 ਨੌਜਵਾਨਾਂ ਨੇ ਹੁਨਰ ਵਿਕਾਸ ਲਈ ਆਪਣਾ ਨਾਮ ਦਰਜ਼ ਕਰਵਾਇਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਕੇ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਜਾਵੇਗਾ।
ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਹਿਲਾ ਰੁਜ਼ਗਾਰ ਮੇਲਾ 15 ਫਰਵਰੀ ਨੂੰ ਆਈ.ਟੀ.ਆਈ. ਲੜਕੇ ਨਾਭਾ ਵਿਖੇ ਅਤੇ ਦੂਸਰਾ ਮੇਲਾ ਫੋਕਲ ਪੁਆਇੰਟ ਪਟਿਆਲਾ ਵਿਖੇ 18 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਨਾਭਾ ਰੋਡ ‘ਤੇ ਸਥਿਤ ਆਈ.ਟੀ.ਆਈ. ਪਟਿਆਲਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ।