Rozgaar Mela Punjabi University Patiala on 29 November 2018

November 13, 2018 - PatialaPolitics

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 29 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਰਾਜ ਪੱਧਰੀ ਮੈਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ।

ਸ੍ਰੀ ਕੁਮਾਰ ਅਮਿਤ ਅੱਜ ਇਥੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਰਾਜ ਪੱਧਰੀ ਮੈਗਾ ਨੌਕਰੀ ਮੇਲੇ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਗਠਿਤ ਕੀਤੀਆਂ ਜ਼ਿਲ੍ਹਾ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਅਹਿਮ ਸਮਾਰੋਹ ਨੂੰ ਨੇਪਰੇ ਚਾੜਨ ਲਈ ਗਠਿਤ ਕੀਤੀਆਂ ਕਮੇਟੀਆਂ ‘ਚ ਸ਼ਾਮਲ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਕਰਨ ਦੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੈਗਾ ਨੌਕਰੀ ਮੇਲੇ ਦੀਆਂ ਤਿਆਰੀਆਂ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿਖੇ ਲੱਗਣ ਵਾਲੇ ਇਸ ਰਾਜ ਪੱਧਰੀ ਮੈਗਾ ਨੌਕਰੀ ਮੇਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਪੁੱਜਣਗੇ ਅਤੇ ਪਿਛਲੇ 6 ਮਹੀਨਿਆਂ ਦੌਰਾਨ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ ‘ਚ ਦਿੱਤੀਆਂ ਗਈਆਂ ਨੌਕਰੀਆਂ ਸਮੇਤ ਸਵੈ ਰੋਜ਼ਗਾਰ ਲਈ ਪ੍ਰਦਾਨ ਕੀਤੇ ਗਏ ਕਰਜ਼ਿਆਂ ਦੇ ਪ੍ਰਮਾਣ ਪੱਤਰ ਲਾਭਪਾਤਰੀਆਂ ਨੂੰ ਵੰਡਣਗੇ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਮੈਗਾ ਜਾਬ ਮੇਲੇ ਦੌਰਾਨ ਪੰਜਾਬ ਭਰ ਦੇ 20 ਹਜ਼ਾਰ ਦੇ ਕਰੀਬ ਨੌਜਵਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਤੋਂ ਪਹਿਲਾਂ ਰਾਜ ਭਰ ‘ਚ ਸਮੁੱਚੇ ਜ਼ਿਲ੍ਹਿਆਂ ਅੰਦਰ 12 ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਲੱਗਣਗੇ ਜਦੋਂਕਿ 19, 20, 21 ਤੇ 22 ਨਵੰਬਰ ਨੂੰ ਲੁਧਿਆਣਾ ਵਿਖੇ ਰੋਜ਼ਗਾਰ ਮੇਲੇ ਲੱਗਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਬਹੁਤ ਬੇਰੁਜ਼ਗਾਰਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ ਕਿ ਕਿਉਂਕਿ ਅਜਿਹੇ ਮੇਲਿਆਂ ਨਾਲ ਰੋਜ਼ਗਾਰ ਦੇ ਮੌਕੇ ਸਿੱਧੇ ਤੌਰ ‘ਤੇ ਪ੍ਰਦਾਨ ਹੁੰਦੇ ਹਨ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਪਟਿਆਲਾ, 15 ਨੂੰ ਥਾਪਰ ਪੋਲੀਟੈਕਨਿਕ ਕਾਲਜ ਪਟਿਆਲਾ, 16 ਨੂੰ ਆਈ.ਟੀ.ਆਈ. ਲੜਕੇ ਪਟਿਆਲਾ ਅਤੇ 17 ਨਵੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਚੰਡੀਗੜ੍ਹ ਰੋਡ ਰਾਜਪੁਰਾ ਵਿਖੇ ਇਹ ਮੇਲੇ ਲਗਾਏ ਜਾਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ।

ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਆਰ.ਟੀ.ਏ. ਸ. ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਥਾਨਕ ਸ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਹਰਮੀਤ ਸਿੰਘ ਹੁੰਦਲ, ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਹਰਕੀਰਤ ਕੌਰ, ਰੋਜਗਾਰ ਜਨਰੇਸ਼ਨ ਅਧਿਕਾਰੀ ਸ. ਹਰਪ੍ਰੀਤ ਸਿੰਘ ਮਾਨਸ਼ਾਹੀਆ ਸਮੇਤ ਪੋਲੀਟੈਕਨਿਕ ਕਾਲਜ ਤੇ ਆਈ.ਟੀ.ਆਈਜ ਦੇ ਨੁਮਾਇੰਦੇ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।