Rozgar Mela Patiala September 2021 schedule

August 9, 2021 - PatialaPolitics

9 ਤੋਂ 17 ਸਤੰਬਰ ਤੱਕ ਲੱਗੇਗਾ 7ਵਾਂ ਮੈਗਾ ਰੋਜ਼ਗਾਰ ਮੇਲਾ : ਡਾ. ਪ੍ਰੀਤੀ ਯਾਦਵ
ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪਟਿਆਲਾ, 9 ਅਗਸਤ:
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਤੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 9 ਸਤੰਬਰ ਤੋਂ 17 ਸਤੰਬਰ ਤੱਕ ਸੱਤਵਾਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਡਾ. ਪ੍ਰੀਤੀ ਯਾਦਵ ਵੱਲੋਂ ਵੱਖ ਵੱਖ ਵਿਭਾਗਾਂ, ਕਾਲਜਾਂ, ਯੂਨੀਵਰਸਿਟੀਆਂ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੋਵਿਡ 19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾ ਰਹੇ ਇਹ ਰਾਜ ਪੱਧਰੀ ਰੋਜ਼ਗਾਰ ਮੇਲੇ 9 ਸਤੰਬਰ ਤੋਂ ਪਟਿਆਲਾ ਜ਼ਿਲ੍ਹੇ ‘ਚ ਸ਼ੁਰੂ ਹੋਣਗੇ ਜਿਸ ਤਹਿਤ ਪਹਿਲਾਂ ਰੋਜ਼ਗਾਰ ਮੇਲਾ 9 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ (ਲੜਕੇ) ਪਟਿਆਲਾ, ਦੂਜਾ 13 ਸਤੰਬਰ ਨੂੰ ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਤੀਸਰਾ 15 ਸਤੰਬਰ ਨੂੰ ਪਬਲਿਕ ਕਾਲਜ ਸਮਾਣਾ ਅਤੇ ਚੌਥਾ 17 ਸਤੰਬਰ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਲੱਗੇਗਾ ਉਨ੍ਹਾਂ ਸੰਬਧਤ ਵਿਭਾਗਾਂ ਨੂੰ ਰੋਜ਼ਗਾਰ ਮੇਲੇ ਸਬੰਧੀ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਮੌਕੇ ਦਾ ਲਾਭ ਉਠਾ ਸਕਣ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ‘ਚ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਲੋਨ ਅਤੇ ਸਕਿੱਲ ਟਰੇਨਿੰਗ ਲੈਣ ਦੇ ਚਾਹਵਾਨ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਸਬੰਧੀ ਵੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਮੌਕੇ ‘ਤੇ ਹੀ ਫਾਰਮ ਭਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਉਕਤ ਸਮੇਂ ਤੇ ਸਥਾਨ ‘ਤੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣੇ ਅਤੇ ਮੇਲੇ ‘ਚ ਸ਼ਾਮਲ ਹੋਣ ਵਾਲਿਆਂ ਲਈ ਕੋਵਿਡ ਹਦਾਇਤਾਂ ਅਨੁਸਾਰ ਮਾਸਕ ਪਾਕੇ ਆਉਣ ਲਾਜ਼ਮੀ ਹੋਵੇਗਾ।