Rs 15.73 Crore’s Financial Assistance Given to 1311 Beneficiaries of Patiala for Construction of Houses in Rural Areas

August 22, 2020 - PatialaPolitics


ਪਟਿਆਲਾ ਜ਼ਿਲ੍ਹੇ ਦੇ 1311 ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ ਪੱਕੇ ਘਰ ਬਣਾਉਣ ਲਈ 1311 ਲਾਭਪਾਤਰੀਆਂ ਨੂੰ ਹੁਣ ਤੱਕ 15.73 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸੂਬੇ ਦੇ ਹਰ ਲਾਭਪਾਤਰੀ ਨੂੰ ਦੇਣ ਅਤੇ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾ ਰਹੀ ਹੈ।
ਲੋਕ ਸਭਾ ਮੈਂਬਰ ਨੇ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ 52 ਹੋਰ ਲਾਭਪਾਤਰੀਆਂ ਨੂੰ ਪੀਐਮਏਵਾਈ-ਜੀ ਸਕੀਮ ਦਾ ਲਾਭ ਪੁੱਜਦਾ ਕਰਨ ਲਈ 62.40 ਲੱਖ ਰੁਪਏ ਖ਼ਰਚੇ ਜਾਣਗੇ। ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਹੀ ਇਹ ਰੱਖਿਆ ਗਿਆ ਹੈ ਕਿ ਕੱਚੇ ਅਤੇ ਮਾੜੀ ਹਾਲਤ ਵਾਲੇ ਘਰਾਂ ‘ਚ ਰਹਿ ਰਹੇ ਦਿਹਾਤੀ ਖੇਤਰ ਦੇ ਵਸਨੀਕਾਂ ਨੂੰ ਜੀਵਨ ਦੀ ਮੁਢਲੀ ਲੋੜ ਪੱਕਾ ਘਰ 2022 ਤੱਕ ਮੁਹੱਈਆ ਕਰਵਾਇਆ ਜਾਵੇ।
ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਕੱਚੇ ਘਰ ਨੂੰ ਪੱਕਾ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਲਾਭਪਾਤਰੀ ਦੀ ਪਛਾਣ ਕਰਕੇ 1 ਲੱਖ 20 ਹਜ਼ਾਰ ਰੁਪਏ ਮਕਾਨ ਦੀ ਉਸਾਰੀ ਲਈ ਤਿੰਨ ਕਿਸ਼ਤਾਂ ‘ਚ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਮਗਨਰੇਗਾ ਸਕੀਮ ਤਹਿਤ ਲਾਭਪਾਤਰੀ ਨੂੰ 90 ਦਿਨਾਂ ਦੀ ਦਿਹਾੜੀ ਵੀ ਉਸਦੇ ਖ਼ੁਦ ਕੰਮ ਕਰਨ ਦੀ ਸੂਰਤ ‘ਚ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਬਿਨ੍ਹਾਂ ਪਖਾਨੇ ਦੀ ਉਸਾਰੀ ਲਈ 12000 ਰੁਪਏ ਵਾਧੂ ਪ੍ਰਦਾਨ ਕੀਤੇ ਜਾਂਦੇ ਹਨ।
ਲੋਕ ਸਭਾ ਮੈਂਬਰ ਨੇ ਦੱਸਿਆ ਕਿ ਇਸ ਤਰ੍ਹਾਂ ਇਕ ਲਾਭਪਾਤਰੀ ਨੂੰ 1 ਲੱਖ 53 ਹਜ਼ਾਰ 600 ਰੁਪਏ ਦੀ ਰਾਸ਼ੀ ਆਪਣਾ ਪੱਕਾ ਘਰ ਬਣਾਉਣ ਲਈ ਮਿਲ ਜਾਂਦੀ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਇਸ ਸਕੀਮ ਦੀ ਦੇਖ-ਰੇਖ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਅੰਦਰ ਸਰਕਾਰੀ ਸਕੀਮਾਂ ਦਾ ਲਾਭ ਸਮੂਹ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਯਤਨਸ਼ੀਲ ਹੈ।